ਪੰਜਾਬ ਦੇ ਕਿਸਾਨ ਇਸ ਵਾਰ ਸਰਕਾਰ ਦੇ ਹੁਕਮ ਮੰਨਣ ਤੋਂ ਇਨਕਾਰੀ ਹਨ। ਕਿਸਾਨ ਯੂਨੀਅਨਾਂ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਪਹਿਲੀ ਜੂਨ ਤੋਂ ਹੀ ਝੋਨੇ ਦੀ ਲਵਾਈ ਸ਼ੁਰੂ ਕੀਤੀ ਜਾਏਗੀ। ਕਿਸਾਨ ਪੰਜਾਬ ਸਰਕਾਰ ਵੱਲੋਂ 20 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਕਰਨ ਦੇ ਹੁਕਮ ਨਹੀਂ ਮੰਨਣਗੇ।

ਕਿਸਾਨ ਯੂਨੀਅਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਬੀਜਣ ਤੋਂ ਰੋਕਿਆ ਗਿਆ ਤਾਂ ਪਿੰਡਾਂ ਵਿੱਚ ਆਉਣ ਵਾਲੇ ਸਰਕਾਰੀ ਅਧਿਕਾਰੀਆਂ ਦਾ ਘਿਰਾਓ ਕੀਤਾ ਜਾਵੇਗਾ। ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ 20 ਜੂਨ ਤੋਂ ਝੋਨਾ ਲਾਉਣ ਦਾ ਆਦੇਸ਼ ਨਾਦਰਸ਼ਾਹੀ ਫਰਮਾਨ ਹੈ।

ਦੇਰ ਨਾਲ ਝੋਨਾ ਬੀਜਣ ਕਾਰਨ ਝੋਨਾ ਪੱਕਣ ਵਿੱਚ ਦੇਰ ਹੋ ਜਾਂਦੀ ਹੈ। ਅਕਤੂਬਰ ਮਹੀਨੇ ਮੌਸਮ ਕੁਝ ਠੰਢਾ ਹੋਣ ਕਾਰਨ ਝੋਨੇ ਵਿੱਚ ਨਮੀ ਵਧ ਜਾਂਦੀ ਹੈ। ਇਸ ਲਈ ਕਿਸਾਨਾਂ ਨੂੰ ਜਿਣਸ ਵੇਚਣ ਵਿਚ ਮੁਸ਼ਕਲਾਂ ਆਉਂਦੀਆਂ ਹਨ। ਇਸ ਤੋਂ ਇਲਾਵਾ ਅਗਲੀ ਫ਼ਸਲ ਬੀਜਣ ਵਿੱਚ ਵੀ ਦੇਰ ਹੋ ਜਾਂਦੀ ਹੈ।

ਇਸ ਨਾਲ ਫ਼ਸਲ ਦੇ ਝਾੜ ‘ਤੇ ਵੀ ਮਾੜਾ ਅਸਰ ਪੈਂਦਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਇੱਕ ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਕਰਾਉਣੀ ਚਾਹੀਦੀ ਹੈ ਤੇ ਨਹਿਰੀ ਪਾਣੀ ਤੇ ਖੇਤੀ ਮੋਟਰਾਂ ਲਈ ਬਿਜਲੀ ਦੀ ਸਪਲਾਈ ਇਕ ਜੂਨ ਤੋਂ 24 ਘੰਟੇ ਕਰਨੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਕਿਸਾਨਾਂ ਦੀ ਇਸ ਜਾਇਜ਼ ਮੰਗ ਵੱਲ ਧਿਆਨ ਨਾ ਦਿੱਤਾ ਤਾਂ ਕਿਸਾਨਾਂ ਵੱਲੋਂ ਪਹਿਲੀ ਮਈ ਤੋਂ ਝੋਨੇ ਦੀ ਪਨੀਰੀ ਦੀ ਬਿਜਾਈ ਸ਼ੁਰੂ ਕੀਤੀ ਜਾਵੇਗੀ ਤੇ ਇਕ ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਕਰ ਦਿੱਤੀ ਜਾਵੇਗੀ।