ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਹ ਦੇਸ਼ ‘ਚ ਕਿਸਾਨਾਂ ਦੀ ਹਾਲਤ ਨੂੰ ਸੁਧਾਰਨ ਲਈ ਤੁਰੰਤ ਕਿਸਾਨ ਕਰਜ਼ਾ ਮੁਆਫੀ ਯੋਜਨਾ ਨੂੰ ਲਾਗੂ ਕਰੇ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦੇ ਹੋਏ ਕਿਹਾ ਕਿ ਜੇ ਕੇਂਦਰ ਸਰਕਾਰ ਅਸਲ ‘ਚ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੁੰਦੀ ਹੈ ਤਾਂ ਇਹ ਉਸੇ ਸਮੇਂ ਸੰੰਭਵ ਹੈ ਜਦੋਂ ਉਹ ਕਿਸਾਨਾਂ ਨੂੰ ਕਰਜ਼ੇ ਦੇ ਜੰਜਾਲ ‘ਚੋਂ ਬਾਹਰ ਕੱਢੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵਲੋਂ ਭਾਵੇਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ‘ਚ ਵਾਧਾ ਕੀਤਾ ਗਿਆ ਹੈ ਪਰ ਉਹ ਇਸ ਨੂੰ ਢੁੱਕਵਾਂ ਨਹੀਂ ਮੰਨਦੇ।

ਕਿਸਾਨਾਂ ਨੂੰ ਕੇਂਦਰ ਸਰਕਾਰ ਜੇ ਰਾਹਤ ਦੇਣਾ ਚਾਹੁੰਦੀ ਹੈ ਤਾਂ ਸਭ ਤੋਂ ਪਹਿਲਾਂ ਉਹ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਸੁਆਮੀਨਾਥਨ ਕਮਿਸ਼ਨ ਦੀਆਂ ਸਿਫਾਰਿਸ਼ਾਂ ਮੁਤਾਬਕ ਕਰੇ। ਕਿਸਾਨ ਇਸ ਸਮੇਂ ਸਭ ਤੋਂ ਵੱਧ ਪ੍ਰੇਸ਼ਾਨ ਕਰਜ਼ੇ ਨੂੰ ਲੈ ਕੇ ਹਨ। ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਕਰਜ਼ੇ ਤੋਂ ਰਾਹਤ ਦੁਆਉਣ ਲਈ ਦੇਸ਼ ‘ਚ ਸਭ ਤੋਂ ਪਹਿਲਾਂ ਪਹਿਲ ਕੀਤੀ ਅਤੇ ਛੋਟੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਦੋ-ਦੋ ਲੱਖ ਰੁਪਏ ਦੇ ਕਰਜ਼ੇ ਮੁਆਫ ਕੀਤੇ।

ਪੰਜਾਬ ‘ਚ ਕਿਸਾਨ ਕਰਜ਼ਾ ਮੁਆਫੀ ਦੀ ਮੁਹਿੰਮ ਮੁੜ ਸ਼ੁਰੂ ਹੋਵੇਗੀ

ਪੰਜਾਬ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਲਦੀ ਹੀ ਕਿਸਾਨ ਕਰਜ਼ਾ ਮੁਆਫੀ ਦੀ ਮੁਹਿੰਮ ਮੁੜ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਇਸ ਲਈ ਸਰਕਾਰੀ ਤੌਰ ‘ਤੇ ਤਿਆਰੀਆਂ ਚੱਲ ਰਹੀਆਂ ਹਨ। ਦੱਸਿਆ ਜਾਂਦਾ ਹੈ ਕਿ ਜਿੱਥੇ ਇਕ ਪਾਸੇ ਛੋਟੇ ਕਿਸਾਨਾਂ ਦੇ ਦੋ-ਦੋ ਲੱਖ ਰੁਪਏ ਦੇ ਸਹਿਕਾਰੀ ਬੈਂਕਾਂ ਦੇ ਕਰਜ਼ਿਆਂ ਨੂੰ ਮੁਆਫ ਕੀਤਾ ਗਿਆ ਹੈ,

ਉੱਥੇ ਦੂਜੇ ਵਪਾਰਕ ਬੈਂਕਾਂ ਦੇ ਕਰਜ਼ਿਆਂ ਨੂੰ ਵੀ ਮੁਆਫ ਕੀਤਾ ਜਾ ਰਿਹਾ ਹੈ। ਖੇਤਾਂ ‘ਚ ਕੰਮ ਕਰਨ ਵਾਲੇ ਮਜ਼ਦੂਰਾਂ ਦੇ ਦੋ-ਦੋ ਲੱਖ ਰੁਪਏ ਦੇ ਕਰਜ਼ਿਆਂ ਨੂੰ ਵੀ ਮੁਆਫ ਕਰਨ ਦੀ ਯੋਜਨਾ ‘ਤੇ ਕੰਮ ਚੱਲ ਰਿਹਾ ਹੈ। ਅਗਲੇ ਮਹੀਨੇ ਦੇ ਸ਼ੁਰੂ ‘ਚ ਕਿਸਾਨ ਕਰਜ਼ਾ ਮੁਆਫੀ ਦੀ ਯੋਜਨਾ ਨੂੰ ਪੰਜਾਬ ‘ਚ ਮੁੜ ਤੋਂ ਸ਼ੁਰੂ ਕੀਤਾ ਜਾਵੇਗਾ।